ਰਿਪੋਟ ਰਮਨ ਕੁਮਾਰ
ਫਤਿਹਗੜ੍ਹ ਚੂੜੀਆਂ: (ਨੀਲ ਧਾਰਾ) ਹਲਕਾ ਫਤਿਹਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਨੰਗਲ ਦੇ ਵਸਨੀਕਾਂ ਲਈ ਰਾਹਤ ਭਰੀ ਖ਼ਬਰ ਹੈ। ਪਿੰਡ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਸੜਕ ਦੀ ਮੰਗ ਨੂੰ ਪ੍ਰਵਾਨਗੀ ਮਿਲ ਗਈ ਹੈ ਅਤੇ ਸੜਕ ਦੇ ਨਿਰਮਾਣ ਕਾਰਜ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦੇਣ ਲਈ ਹਲਕਾ ਬਟਾਲਾ ਤੋਂ ‘ਆਪ’ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਜੋਬਨ ਰੰਧਾਵਾ ਪਿੰਡ ਨੰਗਲ ਪਹੁੰਚੇ। ਇਸ ਮੌਕੇ ਪਿੰਡ ਦੇ ਮੋਹਤਬਰ ਮਨਵੀਰ ਸਿੰਘ ਗਿੱਕੂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਪਿੰਡ ਵਾਸੀਆਂ ਨਾਲ ਮੁਲਾਕਾਤ ਦੌਰਾਨ ਵਿਧਾਇਕ ਸ਼ੈਰੀ ਕਲਸੀ ਅਤੇ ਹਲਕਾ ਇੰਚਾਰਜ ਜੋਬਨ ਰੰਧਾਵਾ ਨੇ ਸੜਕ ਨੂੰ ਮਨਜ਼ੂਰੀ ਮਿਲਣ ਦੀ ਖ਼ੁਸ਼ਖ਼ਬਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸੜਕ ਨਿਰਮਾਣ ਕਾਰਜ ਨੂੰ ਮਨਜ਼ੂਰੀ ਮਿਲੀ ਹੈ।


ਸੜਕ ਦਾ ਕੰਮ ਜਲਦ ਜ਼ਮੀਨੀ ਪੱਧਰ ’ਤੇ ਸ਼ੁਰੂ ਕਰਵਾਉਣ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਸੜਕ ਨਿਰਮਾਣ ਨੂੰ ਮਨਜ਼ੂਰੀ ਮਿਲਣ ਦੀ ਖ਼ਬਰ ਨਾਲ ਪਿੰਡ ਵਾਸੀਆਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ। ਪਿੰਡ ਵਾਸੀਆਂ ਨੇ ਕਿਹਾ ਕਿ ਸੜਕ ਦੀ ਮੰਗ ਲੰਮੇ ਸਮੇਂ ਤੋਂ ਲਟਕ ਰਹੀ ਸੀ, ਜਿਸ ਦੇ ਪੂਰਾ ਹੋਣ ਨਾਲ ਆਵਾਜਾਈ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ ਅਤੇ ਪਿੰਡ ਦੇ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ।ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ “ਤੁਹਾਡੇ ਜਿੰਨੇ ਵੀ ਰੁਕੇ ਹੋਏ ਕੰਮ ਹਨ, ਉਨ੍ਹਾਂ ਨੂੰ ਛੇਤੀ ਤੋਂ ਛੇਤੀ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।”


ਉਨ੍ਹਾਂ ਕਿਹਾ ਕਿ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਤਰਜੀਹ ਹੈ।ਹਲਕਾ ਇੰਚਾਰਜ ਜੋਬਨ ਰੰਧਾਵਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਕਾਸ ਕਾਰਜਾਂ ਨੂੰ ਰਫ਼ਤਾਰ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵਿਕਾਸ ਕਾਰਜ ਕਿਸੇ ਕਾਰਨ ਰੁਕੇ ਹੋਏ ਹਨ, ਉਨ੍ਹਾਂ ਨੂੰ ਮੁੜ ਚਾਲੂ ਕਰਵਾਉਣ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।ਇਸ ਮੌਕੇ ਮੋਹਤਬਰ ਮਨਵੀਰ ਸਿੰਘ ਗਿੱਕੂ, ਪਿੰਡ ਦੀ ਪੰਚਾਇਤ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਨੇ ਸੜਕ ਨਿਰਮਾਣ ਕਾਰਜ ਨੂੰ ਮਨਜ਼ੂਰੀ ਮਿਲਣ ’ਤੇ ਵਿਧਾਇਕ ਸ਼ੈਰੀ ਕਲਸੀ ਅਤੇ ਹਲਕਾ ਇੰਚਾਰਜ ਜੋਬਨ ਰੰਧਾਵਾ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਸੜਕ ਦਾ ਨਿਰਮਾਣ ਕਾਰਜ ਜਲਦ ਸ਼ੁਰੂ ਹੋਵੇਗਾ।





